25/08/2026
🙏🌹🙏🌹🙏🌹
🙏🌹🙏🌹🙏🌹
🌹*Please cover your head & Remove your shoes before reading Hukamnama sahib Ji*🌹
Amrit wele da mukhwakh shri Harmandar sahib amritsar sahib ji, Ang-703,
26-August-2026
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥{ਪੰਨਾ 703}
ਪਦਅਰਥ: ਹਰਿ ਜੂ = ਹੇ ਪ੍ਰਭੂ ਜੀ! ਪਤਿ = ਇੱਜ਼ਤ। ਜਮ ਕੋ ਤ੍ਰਾਸ = ਮੌਤ ਦਾ ਡਰ। ਉਰ = {उरस} ਹਿਰਦਾ। ਗਹੀ = ਫੜੀ। ਕਿਰਪਾ ਨਿਧਿ = ਹੇ ਕਿਰਪਾ ਦੇ ਖ਼ਜ਼ਾਨੇ!।੧।ਰਹਾਉ।
ਪਤਿਤ = ਵਿਕਾਰਾਂ ਵਿਚ ਡਿੱਗਾ ਹੋਇਆ, ਪਾਪੀ। ਮੁਗਧ = ਮੂਰਖ। ਫੁਨਿ = ਅਤੇ {पुन: }, ਫਿਰ, ਭੀ। ਹਾਰਾ = ਥੱਕ ਗਿਆ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਡਰ। ਕੋ = ਦਾ। ਤਿਹ = ਉਸ ਦੀ। ਜਾਰਾ = ਸਾੜ ਦਿੱਤਾ ਹੈ।੧।
ਉਪਾਵ = {ਲਫ਼ਜ਼ 'ਉਪਾਉ' ਤੋਂ ਬਹੁ-ਵਚਨ} ਹੀਲੇ। ਮੁਕਤਿ = (ਡਰ ਤੋਂ) ਖ਼ਲਾਸੀ। ਕੇ ਕਾਰਨਿ = ਦੇ ਵਾਸਤੇ। ਦਹ ਦਿਸਿ = ਦਸੀਂ ਪਾਸੀਂ। ਉਠਿ = ਉੱਠ ਕੇ। ਨਿਰੰਜਨੁ = {ਨਿਰ = ਅੰਜਨੁ} ਮਾਇਆ ਦੀ ਕਾਲਖ ਤੋਂ ਰਹਿਤ। ਤਾ ਕੋ = ਉਸ ਦਾ। ਮਰਮੁ = ਭੇਦ।੨।
ਅਬ = ਹੁਣ। ਕੀਜੈ = ਕੀਤਾ ਜਾਏ। ਸਰਨਾਗਤਿ = ਸਰਨ ਆਇਆ ਹਾਂ। ਅਭੈ ਦਾਨੁ = ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ। ਪ੍ਰਭ = ਹੇ ਪ੍ਰਭੂ! ਦੀਜੈ = ਦੇਹ।੩।
ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ।
ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧।
ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ,ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨।
ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨