09/01/2026
ਕੁਰੂਕਸ਼ੇਤਰ, 9 ਜਨਵਰੀ
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਆਮ ਆਦਮੀ ਪਾਰਟੀ ਦੀ ਵਿਰੋਧੀ ਧਿਰ ਦੀ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੇ ਕੀਤੀ ਗਈ ਕਥਿਤ ਅਪਮਾਨਜਨਕ ਟਿੱਪਣੀ ਦੇ ਵਿਰੋਧ ਵਿੱਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਮਾਮਲੇ ਨੂੰ ਲੈ ਕੇ ਜਥੇਦਾਰ ਝੀਂਡਾ ਨੇ ਅੱਜ ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਅਤੇ ਪੁਲਿਸ ਸੁਪਰੀਟੇਡੇਂਟ ਨਾਲ ਵੀ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਸ਼ਿਕਾਇਤ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਸਿੱਖ ਕੌਮ ਹਰ ਧਰਮ ਦਾ ਪੂਰਾ ਆਦਰ ਕਰਦੀ ਹੈ
ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨਿਆਂ ਦੇਣ ਵਾਲੀ ਸਿੱਖ ਕੌਮ ਦੇ ਧਰਮ ਅਤੇ ਗੁਰੂ ਸਾਹਿਬਾਨ ਬਾਰੇ ਬਾਰ-ਬਾਰ ਕੀਤੀਆਂ ਜਾ ਰਹੀਆਂ ਟਿੱਪਣੀਆਂ ਅਸਹਿਨ ਹਨ। ਜਥੇਦਾਰ ਝੀਂਡਾ ਨੇ ਹਰਿਆਣਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਬਿਆਨ ਦੇਣ ਵਾਲਿਆਂ ਤੇ ਰੋਕ ਲਗਾਉਣ ਲਈ ਸਖ਼ਤ ਕਾਨੂੰਨ ਬਣਾਏ ਜਾਣ।
ਜਥੇਦਾਰ ਝੀਂਡਾ ਨੇ ਨੈਤਿਕਤਾ ਦੇ ਆਧਾਰ ’ਤੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਤੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਵੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਾਰੇ ਮਾਮਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਨੂੰ ਵੀ ਇੱਕ ਪੱਤਰ ਲਿਖਿਆ ਗਿਆ ਹੈ। ਇਹ ਪੱਤਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਭੇਜ ਕੇ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਹੈ ਅਤੇ ਉਚਿਤ ਕਾਰਵਾਈ ਦੀ ਅਪੀਲ ਕੀਤੀ ਗਈ ਹੈ।